ਜਦੋਂ ਵਾਅਦੇ ਜ਼ਰੂਰ ਪੂਰੇ ਹੋਣਗੇ
ਜਦੋਂ ਵਾਅਦੇ ਜ਼ਰੂਰ ਪੂਰੇ ਹੋਣਗੇ
ਪੂਰੇ ਇਤਿਹਾਸ ਦੌਰਾਨ ਕਈ ਵਾਅਦੇ ਕੀਤੇ ਗਏ ਤੇ ਤੋੜੇ ਵੀ ਗਏ। ਕੌਮਾਂ ਨੇ ਸ਼ਾਂਤੀ ਸੰਧੀਆਂ ਉੱਤੇ ਦਸਤਖਤ ਤਾਂ ਕੀਤੇ, ਪਰ ਬਾਅਦ ਵਿਚ ਉਨ੍ਹਾਂ ਨੂੰ ਤੋੜ ਦਿੱਤਾ, ਜਿਸ ਕਰਕੇ ਲੋਕਾਂ ਨੂੰ ਕਈ ਭਿਆਨਕ ਲੜਾਈਆਂ ਦਾ ਸਾਮ੍ਹਣਾ ਕਰਨਾ ਪਿਆ। ਨੈਪੋਲੀਅਨ ਨੇ ਇਕ ਵਾਰ ਕਿਹਾ ਸੀ: “ਸਰਕਾਰਾਂ ਉਦੋਂ ਹੀ ਆਪਣੇ ਵਾਅਦੇ ਪੂਰੇ ਕਰਦੀਆਂ ਹਨ ਜਦੋਂ ਉਨ੍ਹਾਂ ਨੂੰ ਇਸ ਤਰ੍ਹਾਂ ਕਰਨ ਲਈ ਮਜਬੂਰ ਕੀਤਾ ਜਾਂਦਾ ਹੈ ਜਾਂ ਇਸ ਤਰ੍ਹਾਂ ਕਰਨ ਤੋਂ ਉਨ੍ਹਾਂ ਨੂੰ ਲਾਭ ਹੁੰਦਾ ਹੈ।”
ਲੋਕਾਂ ਦੁਆਰਾ ਕੀਤੇ ਵਾਅਦਿਆਂ ਬਾਰੇ ਕੀ ਕਿਹਾ ਜਾ ਸਕਦਾ ਹੈ? ਉਦੋਂ ਕਿੰਨੀ ਨਿਰਾਸ਼ਾ ਹੁੰਦੀ ਹੈ ਜਦੋਂ ਕੋਈ ਵਿਅਕਤੀ ਆਪਣੇ ਵਾਅਦੇ ਤੋਂ ਮੁਕਰ ਜਾਂਦਾ ਹੈ! ਜੇ ਮਿੱਤਰ-ਪਿਆਰੇ ਇੱਦਾਂ ਕਰਨ, ਤਾਂ ਹੋਰ ਵੀ ਜ਼ਿਆਦਾ ਦੁੱਖ ਹੁੰਦਾ ਹੈ। ਕੁਝ ਲੋਕ ਜਾਣ-ਬੁੱਝ ਕੇ ਆਪਣੇ ਵਾਅਦੇ ਪੂਰੇ ਨਹੀਂ ਕਰਦੇ, ਪਰ ਕਈ ਲੋਕ ਚਾਹੁੰਦੇ ਹੋਏ ਵੀ ਆਪਣੇ ਵਾਅਦੇ ਪੂਰੇ ਨਹੀਂ ਕਰ ਪਾਉਂਦੇ।
ਇਨਸਾਨਾਂ ਅਤੇ ਪਰਮੇਸ਼ੁਰ ਦੇ ਵਾਅਦਿਆਂ ਵਿਚ ਜ਼ਮੀਨ-ਆਸਮਾਨ ਦਾ ਫ਼ਰਕ ਹੈ! ਅਸੀਂ ਪਰਮੇਸ਼ੁਰ ਦੇ ਵਾਅਦਿਆਂ ਉੱਤੇ ਪੂਰਾ-ਪੂਰਾ ਭਰੋਸਾ ਰੱਖ ਸਕਦੇ ਹਾਂ ਕਿ ਇਹ ਜ਼ਰੂਰ ਪੂਰੇ ਹੋਣਗੇ। ਯਹੋਵਾਹ ਪਰਮੇਸ਼ੁਰ ਦੁਆਰਾ ਕੀਤੇ ਪੱਕੇ ਵਾਅਦਿਆਂ ਬਾਰੇ ਯਸਾਯਾਹ 55:11 ਕਹਿੰਦਾ ਹੈ: “ਤਿਵੇਂ ਮੇਰਾ ਬਚਨ ਹੋਵੇਗਾ ਜੋ ਮੇਰੇ ਮੂੰਹੋਂ ਨਿੱਕਲਦਾ ਹੈ, ਉਹ ਮੇਰੀ ਵੱਲ ਅਵਿਰਥਾ ਨਹੀਂ ਮੁੜੇਗਾ, ਪਰ ਜੋ ਮੈਂ ਠਾਣਿਆ ਉਸ ਨੂੰ ਪੂਰਾ ਕਰੇਗਾ, ਅਤੇ ਜਿਸ ਲਈ ਮੈਂ ਘੱਲਿਆ, ਉਸ ਵਿੱਚ ਸਫ਼ਲ ਹੋਏਗਾ।”
ਤਾਂ ਫਿਰ ਸਾਨੂੰ ਬਾਈਬਲ ਵਿਚ ਲਿਖੇ ਪਰਮੇਸ਼ੁਰ ਦੇ ਵਾਅਦਿਆਂ ਨੂੰ ਕਿਵੇਂ ਵਿਚਾਰਨਾ ਚਾਹੀਦਾ ਹੈ? ਅਸੀਂ ਯਕੀਨਨ ਇਨ੍ਹਾਂ ਉੱਤੇ ਭਰੋਸਾ ਕਰ ਸਕਦੇ ਹਾਂ। ਮਿਸਾਲ ਲਈ, ਯੂਹੰਨਾ ਰਸੂਲ ਨੇ ਲਿਖਿਆ: “ਵੇਖ, ਪਰਮੇਸ਼ੁਰ ਦਾ ਡੇਰਾ ਮਨੁੱਖਾਂ ਦੇ ਨਾਲ ਹੈ ਅਤੇ ਉਹ ਓਹਨਾਂ ਨਾਲ ਡੇਰਾ ਕਰੇਗਾ ਅਤੇ ਓਹ ਉਸ ਦੀ ਪਰਜਾ ਹੋਣਗੇ ਅਤੇ ਪਰਮੇਸ਼ੁਰ ਆਪ ਓਹਨਾਂ ਦਾ ਪਰਮੇਸ਼ੁਰ ਹੋ ਕੇ ਓਹਨਾਂ ਦੇ ਨਾਲ ਰਹੇਗਾ। ਅਤੇ ਉਹ ਓਹਨਾਂ ਦੀਆਂ ਅੱਖੀਆਂ ਤੋਂ ਹਰੇਕ ਅੰਝੂ ਪੂੰਝੇਗਾ ਅਤੇ ਹੁਣ ਅਗਾਹਾਂ ਨੂੰ ਮੌਤ ਨਾ ਹੋਵੇਗੀ, ਨਾ ਅਗਾਹਾਂ ਨੂੰ ਸੋਗ ਨਾ ਰੋਣਾ ਨਾ ਦੁਖ ਹੋਵੇਗਾ। ਪਹਿਲੀਆਂ ਗੱਲਾਂ ਜਾਂਦੀਆਂ ਰਹੀਆਂ।” (ਪਰਕਾਸ਼ ਦੀ ਪੋਥੀ 21:3, 4) ਤੁਸੀਂ ਵੀ ਇਹ ਅਸੀਸਾਂ ਪਾ ਸਕਦੇ ਹੋ ਜੇ ਤੁਸੀਂ ਯਿਸੂ ਦੇ ਇਨ੍ਹਾਂ ਸ਼ਬਦਾਂ ਅਨੁਸਾਰ ਚੱਲੋ: “ਸਦੀਪਕ ਜੀਉਣ ਇਹ ਹੈ ਕਿ ਓਹ ਤੈਨੂੰ ਜੋ ਸੱਚਾ ਵਾਹਿਦ ਪਰਮੇਸ਼ੁਰ ਹੈ ਅਤੇ ਯਿਸੂ ਮਸੀਹ ਨੂੰ ਜਿਹ ਨੂੰ ਤੈਂ ਘੱਲਿਆ ਜਾਣਨ।”—ਯੂਹੰਨਾ 17:3.